ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ – ਵਿਧਾਇਕ ਗਿਆਸਪੁਰਾ
ਲੁਧਿਆਣਾ, 23 ਨਵੰਬਰ-ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਹਰੇਕ ਬੱਚੇ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਕੋਈ ਵੀ ਵਿਦਿਆਰਥੀ ਸਕੂਲਾਂ ਵਿੱਚ ਪਹੁੰਚ ਤੋਂ ਵਾਂਝਾ ਨਾ ਰਹੇ।
ਮੀਟਿੰਗ ਦੌਰਾਨ ਵਿਧਾਇਕ ਸ੍ਰੀ ਗਿਆਸਪੁਰਾ ਅਤੇ ਏ.ਡੀ.ਸੀ ਡਾ. ਬੇਦੀ ਨੇ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸਿੱਖਿਆ ਨੀਤੀ ਦਾ ਬੱਚਿਆਂ ਨੂੰ ਲਾਭ ਉਠਾਉਣ ਦੇ ਯੋਗ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਅਧਿਕਾਰੀਆਂ ਨੂੰ ਸਕੂਲ ਨਾ ਜਾਣ ਵਾਲੇ ਸਾਰੇ ਬੱਚਿਆਂ ਨੂੰ ਜਲਦੀ ਤੋਂ ਜਲਦੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਿਡ-ਡੇ-ਮੀਲ ਤੋਂ ਬਾਅਦ ਆਇਰਨ ਅਤੇ ਫੋਲਿਕ ਐਸਿਡ (ਆਈ.ਐਫ.ਏ) ਦੀਆਂ ਗੋਲੀਆਂ ਦੇਣੀਆਂ ਯਕੀਨੀ ਬਣਾਈਆਂ ਜਾਣ ਅਤੇ ਇਨ੍ਹਾਂ ਗੋਲੀਆਂ ਦਾ ਪ੍ਰਬੰਧ ਅਧਿਆਪਕਾਂ ਦੀ ਨਿਗਰਾਨੀ ਹੇਠ ਕੀਤਾ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਨ ਵਿੱਚ ਰੁਚੀ ਪੈਦਾ ਕਰਨ ਲਈ ਲਾਇਬ੍ਰੇਰੀਆਂ ਵਿੱਚ ਲਿਜਾਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।
ਸ੍ਰੀ ਗਿਆਸਪੁਰਾ ਅਤੇ ਡਾ. ਬੇਦੀ ਨੇ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਚੱਲ ਰਹੇ ਨਿਰਮਾਣ ਕਾਰਜਾਂ, ਮਿਡ-ਡੇ-ਮੀਲ ਪ੍ਰੋਗਰਾਮ, ਸਰਵ ਸਿੱਖਿਆ ਅਭਿਆਨ (ਐਸ.ਐਸ.ਏ.), ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸਮਾਵੇਸ਼ੀ ਸਿੱਖਿਆ, ਯੂ.ਡੀ.ਆਈਜ਼ ਸਰਵੇਖਣ, ਅਨਾਜ ਦੀ ਵੰਡ, ਟਾਇਲਟ ਸਹੂਲਤਾਂ ਅਤੇ ਹੋਰ ਸਬੰਧਤ ਮਾਮਲਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਵਿਧਾਇਕ ਸ੍ਰੀ ਗਿਆਸਪੁਰਾ ਨੇ ਦੁਹਰਾਇਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਸ਼ਕਤੀਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿਉਂਕਿ ਸਿੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।