ਜਲੰਧਰ, 24 ਨਵੰਬਰ : ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ, ਰੱਬੀ ਸੀਜ਼ਨ ਵਿੱਚ ਡੀ.ਏ.ਪੀ. ਅਤੇ ਬਦਲਵੀਆਂ ਖਾਦਾਂ ਦੀ ਘਾਟ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੀਤੇ ਦਿਨ ਤੱਕ ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦਾ 2,404 ਕਰੋੜ ਰੁਪਏ ਦਾ ਭੁਗਤਾਨ ਯਕੀਨੀ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10,53,721 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 10,47,818 ਮੀਟਰਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਬੀਤੇ ਦਿਨ ਤੱਕ 9,13,056 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਡਾ. ਅਗਰਵਾਲ ਨੇ ਪੰਜਾਬ ਸਰਕਾਰ ਦੀ ਖਰੀਫ ਅਤੇ ਰੱਬੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਜਲੰਧਰ ਵਲੋਂ ਪੂਰੀ ਗੰਭੀਰਤਾ ਦਿਖਾਉਂਦਿਆਂ ਆਪਣੇ ਅਧਿਕਾਰੀ ਫੀਲਡ ਵਿੱਚ ਉਤਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਝੋਨੇ ਦੇ ਖਰੀਦ ਪ੍ਰਬੰਧਾਂ ਤੋਂ ਇਲਾਵਾ ਪਰਾਲੀ ਨੂੰ ਅੱਗ ਨਾ ਲਗਾ ਕੇ ਆਧੁਨਿਕ ਮਸ਼ੀਨਾਂ ਰਾਹੀਂ ਪਰਾਲੀ ਪ੍ਰਬੰਧਨ ਕਰਨ ਸਮੇਤ ਡੀ.ਏ.ਪੀ. ਦੀ ਜਮ੍ਹਾਖੋਰੀ ਰੋਕਣ ਅਤੇ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਜਾ ਕੇ ਉਹਨਾਂ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵਲੋਂ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਉਚਿਤ ਪਰਾਲੀ ਪ੍ਰਬੰਧਨ ਕੀਤਾ ਜਾ ਰਿਹਾ ਹੈ।
ਉਧਰ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਨ ਦੇ ਨਾਲ-ਨਾਲ ਕਣਕ ਅਤੇ ਆਲੂ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਫਾਸਫੋਰਸ ਤੱਤ ਵਾਲੀਆਂ ਹੋਰ ਖਾਦਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀਏਯੂ ਅਤੇ ਖੇਤੀਬਾੜੀ ਵਿਭਾਗ ਅਨੁਸਾਰ ਡੀ.ਏ.ਪੀ. ਬਦਲ ਵਜੋਂ ਟ੍ਰਿਪਲ ਸੁਪਰ ਫਾਸਫੇਟ (0:46:0), ਐੱਨ.ਪੀ.ਕੇ 12:32:16, ਸਿੰਗਲ ਸੁਪਰ ਫਾਸਫੇਟ ਐੱਨ.ਪੀ.ਕੇ. 16:16:16 ਅਤੇ ਨਾਈਟ੍ਰੋ ਫਾਸਫੇਟ 20:20:13 ਖਾਦ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ, ਜੋ ਕਿ ਫਸਲਾਂ ਲਈ ਬਹੁਤ ਉਪਯੋਗੀ ਹਨ। ਉਨ੍ਹਾਂ ਦੱਸਿਆ ਕਿ ਉਕਤ ਫਾਸਫੋਰਸ ਤੱਤ ਵਾਲੀਆਂ ਖਾਦਾਂ ’ਚੋਂ ਕਿਸੇ ਵੀ ਖਾਦ ਨੂੰ ਡੀ.ਏ.ਪੀ. ਦੇ ਬਦਲ ਵਜੋਂ ਵਰਤਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਾਦਾਂ ਦੀ ਵਰਤੋਂ ਨਾਲ ਮਿੱਟੀ ਵਿਚਲੇ ਖੁਰਾਕੀ ਤੱਤ ਬਰਕਰਾਰ ਰਹਿੰਦੇ ਹਨ ਅਤੇ ਝਾੜ ’ਤੇ ਚੰਗਾ ਅਸਰ ਪੈਂਦਾ ਹੈ।


 
									 
					 
