ਸੰਵਿਧਾਨ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਤੇ ਕਰਮਚਾਰੀਆਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ.ਅੰਬੇਡਕਰ ਜੀ ਦੇ ਬੁੱਤ ’ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੁਨੀਆਂ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਹੋਰ ਮਜ਼ਬੂਤੀ ਲਈ ਸਾਨੂੰ ਸਭ ਨੂੰ ਭਾਰਤੀ ਸੰਵਿਧਾਨ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬਾ ਤਾਂ ਹੀ ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਚੱਲ ਸਕਦੇ ਹਨ ਜੇਕਰ ਦੇਸ਼ ਦੇ ਸੰਵਿਧਾਨ ਪ੍ਰਤੀ ਪੂਰੀ ਨਿਸ਼ਠਾ ਤੇ ਸਮਰਪਣ ਦੀ ਭਾਵਨਾ ਨੂੰ ਅਪਣਾਇਆ ਜਾਵੇ। ਇਸ ਮੌਕੇ ‘ਸੰਵਿਧਾਨ ਦੀ ਪ੍ਰਸਤਾਵਨਾ’ ਨੂੰ ਪੜ੍ਹਿਆ ਗਿਆ।