ਲੁਧਿਆਣਾ ਪੁਲਸ ਵੱਲੋਂ 2 ਸੱਕੀਆਂ ਭੈਣਾਂ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਇਕ ਨੌਜਵਾਨ ਅਜੇ ਫ਼ਰਾਰ ਹੈ। ਪੁਲਸ ਵੱਲੋਂ ਮੱਧ ਪ੍ਰਦੇਸ਼ ਵਿਚ ਛਾਪੇਮਾਰੀ ਕਰ ਕੇ ਦੋਵੇਂ ਨਾਬਾਲਗ ਭੈਣਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਬੱਚੀਆਂ ਦੀ ਮਾਂ ਨੇ ਪੁਲਸ ਨੂੰ ਇਸ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲਸ ਵੱਲੋਂ ਇਸ ‘ਤੇ ਕਾਰਵਾਈ ਕਰਦਿਆਂ ਮੱਧ ਪ੍ਰਦੇਸ਼ ਵਿਚ ਛਾਪੇਮਾਰੀ ਕਰ ਕੇ ਕੁੜੀਆਂ ਨੂੰ ਬਰਾਮਦ ਕਰ ਲਿਆ ਗਿਆ। ਇਸ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਪਛਾਣ ਅਜੇ ਕੁਮਾਰ ਵਜੋਂ ਹੋਈ ਹੈ। ਮਾਮਲੇ ਵਿਚ ਦੂਜਾ ਮੁਲਜ਼ਮ ਬਾਬੂਲਾਲ ਅਜੇ ਫ਼ਰਾਰ ਹੈ। ਪੁਲਸ ਵੱਲੋਂ ਮੁਲਜ਼ਮ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।
ਪੁਲਸ ਮੁਤਾਬਕ ਕੁੜੀਆਂ ਦੇ ਬਿਆਨ ਦਰਜ ਕੀਤੇ ਜਾਣਗੇ ਤੇ ਉਸ ਅਧਾਰ ‘ਤੇ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵੇਂ ਭੈਣਾਂ ਨਾਬਾਲਗ ਸਨ ਤੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਬਰਾਮਦ ਕਰ ਲਿਆ ਗਿਆ ਹੈ।


