ਪਿਛਲੇ 20 ਦਿਨਾਂ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਬੰਧ ’ਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਸੰਘਰਸ਼ 2021 ਤੋਂ ਜਾਰੀ ਹੈ, ਜੋ ਲੰਮੇ ਸਮੇਂ ਤੋਂ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਗਈਆਂ ਪਰ ਲਾਗੂ ਨਹੀਂ ਕੀਤੀਆਂ ਗਈਆਂ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅੱਜ ਸਾਨੂੰ ਅਜਿਹੇ ਕਿਸਾਨ ਆਗੂਆਂ ਦੀ ਲੋੜ ਹੈ। ਮੈਂ ਡੱਲੇਵਾਲ ਸਾਹਬ ਨੂੰ ਕਹਾਂਗਾ ਕਿ ਸਾਨੂੰ ਤੁਹਾਡੇ ਵਰਗੇ ਲੀਡਰਾਂ ਦੀ ਲੋੜ ਹੈ। ਬਠਿੰਡਾ ਦੇ ਸਰਕਾਰੀ ਸਕੂਲ ’ਚ ਇਕ ਸਾਲਾਨਾ ਸਮਾਗਮ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸਕੂਲ ਨੂੰ ਇਕ ਲੱਖ ਰੁਪਏ ਵੀ ਦਿਤੇ ਤੇ ਸਕੂਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਸਰਕਾਰੀ ਸਕੂਲ ਵੀ ਕਿਸੇ ਪ੍ਰਾਈਵੇਟ ਸਕੂਲ ਤੋਂ ਘੱਟ ਨਹੀਂ ਹਨ।