ਜਲੰਧਰ, 24 ਅਗਸਤ : ਕੈਬਨਿਟ ਮੰਤਰੀ ਪੰਜਾਬ ਸ੍ਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਵਿੱਚ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ ਨੂੰ ਖਤਮ ਕਰਵਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਸਥਾਨਕ ਆਗੂਆਂ ਵਲੋਂ ਸਫਾਈ ਸੇਵਕਾਂ ਨਾਲ ਮਿਲਕੇ ਜਲੰਧਰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਸ਼੍ਰੀ ਚੰਦਨ ਗਰੇਵਾਲ, ਮੇਅਰ ਸ਼੍ਰੀ ਵਨੀਤ ਧੀਰ, ਹਲਕਾ ਇੰਚਾਰਜ ਸ਼੍ਰੀ ਨਿਤਿਨ ਕੋਹਲੀ ਅਤੇ ਸ਼੍ਰੀਮਤੀ ਰਾਜਵਿੰਦਰ ਸਿੰਘ ਥਿਆੜਾ ਸਮੇਤ ਕੈਬਨਿਟ ਮੰਤਰੀ ਸ਼੍ਰੀ ਭਗਤ ਨੇ ਸਫਾਈ ਸੇਵਕਾਂ ਨਾਲ ਮੁਲਾਕਾਤ ਕੀਤੀ।
ਕੈਬਨਿਟ ਮੰਤਰੀ ਨੇ ਮੁਸ਼ਕਿਲਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਉਹਨਾਂ ਦੀ ਬੇਹਤਰੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੀ ਭਲਾਈ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸਫਾਈ ਸੇਵਕਾਂ ਨਾਲ ਮਿਲਕੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੇ ਸਹਿਯੋਗ ਨਾਲ ਜਲੰਧਰ ਵਾਸੀਆਂ ਨੂੰ ਸਫਾਈ ਪੱਖੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਸਫਾਈ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ’ਤੇ ਵਾਪਸ ਪਰਤਣ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਰੱਖਣ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ।
ਇਸ ਮੌਕੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਚੰਦਨ ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੇ ਹਿੱਤ ਵਿੱਚ ਇਤਿਹਾਸਿਕ ਫੈਸਲਾ ਲੈਂਦਿਆਂ ਮਹੀਨਾਵਾਰ ਤਨਖਾਹ 20,500 ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਇਹਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਫ਼ਾਈ ਕਰਮਚਾਰੀਆਂ ਦੀ ਬਿਹਤਰੀ ਲਈ ਅਨੇਕਾਂ ਸੰਜੀਦਾ ਉਪਰਾਲਿਆਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਇਸ ਮੌਕੇ ਸ਼੍ਰੀ ਬਲਬੀਰ ਸਿੰਘ ਬਿੱਟੂ ਸੀਨੀਅਰ ਡਿਪਟੀ ਮੇਅਰ ਅਤੇ ਸ਼੍ਰੀ ਮਲਕੀਤ ਸਿੰਘ ਡਿਪਟੀ ਮੇਅਰ ਵੀ ਮੌਜੂਦ ਸਨ।


