ਲੁਧਿਆਣਾ, 29 ਜੁਲਾਈ:

 

ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਉਦਯੋਗਪਤੀਆਂ, ਇੱਟਾਂ ਦੇ ਭੱਠਿਆਂ ਦੇ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਦਯੋਗਾਂ ਅਤੇ ਇੱਟਾਂ ਦੇ ਭੱਠਿਆਂ ਵਿੱਚ ਪੈਲੇਟ ਅਤੇ ਬ੍ਰਿਕੇਟ ਦੇ ਰੂਪ ਵਿੱਚ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਅਪਣਾਉਣ ਨੂੰ ਉਤਸ਼ਾਹਿਤ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

 

ਡਿਪਟੀ ਕਮਿਸ਼ਨਰ ਨੇ ਉਦਯੋਗਿਕ ਇਕਾਈਆਂ ਅਤੇ ਇੱਟਾਂ ਦੇ ਭੱਠਿਆਂ ਨੂੰ ਪਰਾਲੀ ਅਧਾਰਤ ਬਾਲਣ ਦੀ ਵਰਤੋਂ ਵਧਾਉਣ ਲਈ ਪ੍ਰੇਰਿਤ ਕਰਦਿਆਂ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਨਾਲ ਜੁੜੇ ਹਰ ਤਰ੍ਹਾਂ ਦੇ ਮੁੱਦਿਆਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰਾਲੀ ਦੇ ਭੰਡਾਰਨ, ਆਵਾਜਾਈ, ਮਸ਼ੀਨਰੀ ਦੀ ਅਨੁਕੂਲਤਾ ਅਤੇ ਨਿਰਵਿਘਨ ਸਪਲਾਈ ਲਈ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਉਦਯੋਗਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

 

ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ (ਡੀ.ਡੀ.ਪੀ.ਓ.) ਨੂੰ ਪਰਾਲੀ ਦੇ ਭੰਡਾਰਨ ਲਈ ਢੁਕਵੀਆਂ ਥਾਵਾਂ ਦੀ ਪਛਾਣ ਕਰਕੇ ਲੋੜੀਂਦਾ ਬੁਨਿਆਦੀ ਢਾਂਚਾ ਸਮਾਂਬੱਧ ਢੰਗ ਨਾਲ ਵਿਕਸਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਤੋਂ ਇਲਾਵਾ, ਸਪਲਾਈ ਲੜੀ ਨੂੰ ਹੋਰ ਮਜ਼ਬੂਤ ਬਣਾਉਣ, ਬੇਲਰਾਂ ਦੀ ਲੋੜੀਂਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਉਦਯੋਗਾਂ ਨੂੰ ਪਰਾਲੀ ਅਧਾਰਤ ਬਾਲਣ ਵੱਲ ਸੁਚਾਰੂ ਤਬਦੀਲੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।

 

ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਸਾਰੇ ਹਿੱਸੇਦਾਰਾਂ ਦੇ ਸਾਂਝੇ ਅਤੇ ਤਾਲਮੇਲ ਵਾਲੇ ਯਤਨਾਂ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਕੀਮਤੀ ਸਰੋਤ ਵਜੋਂ ਵਰਤਣ ਨਾਲ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਹੋਵੇਗੀ, ਸਗੋਂ ਟਿਕਾਊ ਉਦਯੋਗਿਕ ਵਿਕਾਸ ਨੂੰ ਵੀ ਪ੍ਰੋਤਸਾਹਨ ਮਿਲੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਵਚਨਬੱਧਤਾ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

Share.
Leave A Reply