ਲੁਧਿਆਣਾ, 10 ਨਵੰਬਰ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਜੈਨ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣੇ ਹਨ। ਇਹ ਮੁਕਾਬਲੇ ਚੋਣ ਸਾਖ਼ਰਤਾ ਕਲੱਬਾਂ ਰਾਹੀਂ ਜ਼ਿਲ੍ਹਾ ਪੱਧਰ ਅਤੇ ਚੋਣ ਹਲਕਾ ਪੱਧਰ ’ਤੇ ਸਕੂਲਾਂ ਅਤੇ ਕਾਲਜਾਂ ਵਿੱਚ ਕਰਵਾਏ ਜਾਣੇ ਹਨ।
ਉਨ੍ਹਾਂ ਦੱਸਿਆ ਕਿ ਭਲਕੇ 11 ਅਤੇ 12 ਨਵੰਬਰ ਨੂੰ ਸੰਸਥਾ-ਪੱਧਰੀ ਦੌਰ ਤਹਿਤ ਹਰੇਕ ਮੁਕਾਬਲੇ ਲਈ 2 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ ਜਦਕਿ 17 ਨਵੰਬਰ ਨੂੰ ਵਿਧਾਨ ਸਭਾ ਹਲਕਾ ਪੱਧਰੀ ਦੌਰ ਵਿੱਚ ਪ੍ਰਤੀ ਮੁਕਾਬਲਾ, ਹਰੇਕ ਵਿਧਾਨ ਸਭਾ ਹਲਕੇ ਵਿੱਚੋਂ 10 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ, ਜ਼ਿਲ੍ਹਾ ਪੱਧਰੀ ਫਾਈਨਲ ਮੁਕਾਬਲਾ 18 ਨਵੰਬਰ ਨੂੰ ਹੋਵੇਗਾ ਅਤੇ 20 ਨਵੰਬਰ ਨੂੰ ਨਤੀਜਿਆਂ ਦੀ ਘੋਸ਼ਣਾ ਕਰਦਿਆਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਅਤੇ ਚੋਣ ਹਲਕਾ ਪੱਧਰ ’ਤੇ ਸਕੂਲਾਂ ਅਤੇ ਕਾਲਜਾਂ ਵਿੱਚ ਸਵੀਪ ਜਾਗਰੂਕਤਾ ਗਤੀਵਿਧੀਆਂ ਦਾ ਵਿਸ਼ੇਸ਼ ਮਹੱਤਵ ਹੈ ਤਾਂ ਜੋ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਅਤੇ ਸਮਾਜ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।


