ਖੰਨਾ, 1 ਨਵੰਬਰ:
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਪੰਜ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਹਿੱਤ ਦੇ ਫੈਸਲਿਆਂ ਦੇ ਆਧਾਰ ’ਤੇ ਹੀ ਖੰਨਾ ਦੀ ਜਨਤਾ ਦੀ ਕਚਹਿਰੀ ਵਿੱਚ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਨੂੰ ਸੇਵਾ ਦਾ ਮਾਧਿਅਮ ਬਣਾਉਂਦਿਆਂ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦਿੱਤੀ ਹੈ।

ਮੰਤਰੀ ਸੌਂਦ ਨੇ ਕਿਹਾ ਕਿ ਮੁਫ਼ਤ ਬਿਜਲੀ ਦੀ ਸਹੂਲਤ, ਵਿਸ਼ਵ ਪੱਧਰੀ ਸਰਕਾਰੀ ਸਕੂਲਾਂ ਦਾ ਨਿਰਮਾਣ ਅਤੇ ਆਧੁਨਿਕੀਕਰਨ, ਆਮ ਆਦਮੀ ਕਲੀਨਿਕ, ਸਿਹਤ ਯੋਜਨਾਵਾਂ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਆਧੁਨਿਕ ਸੜਕਾਂ ਦਾ ਨਿਰਮਾਣ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਵਰਗੇ ਕੰਮ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਆਮ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਨੂੰ ਲੈ ਕੇ ਸਰਕਾਰ ਜਨਤਾ ਵਿੱਚ ਜਾਵੇਗੀ ਅਤੇ ਆਪਣੇ ਕੰਮਾਂ ਦਾ ਹਿਸਾਬ ਦੇਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਖੰਨਾ ਵਿਧਾਨ ਸਭਾ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਲਗਾਤਾਰ ਜੰਗੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਸ਼ਹਿਰ ਤੋਂ ਲੈ ਕੇ ਪਿੰਡਾਂ ਤੱਕ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ, ਸੜਕਾਂ ਦੇ ਨਿਰਮਾਣ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਜਨਤਕ ਸਹੂਲਤਾਂ ਨਾਲ ਜੁੜੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਵਿਕਾਸ ਦਾ ਇਹ ਕਾਫ਼ਲਾ ਅੱਗੇ ਵਧ ਰਿਹਾ ਹੈ। ਸਰਕਾਰ ਲੋਕ ਸੇਵਾ ਅਤੇ ਜਵਾਬਦੇਹੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਯਤਨ ਜਾਰੀ ਰਹਿਣਗੇ।

Share.
Leave A Reply