ਪਟਿਆਲਾ, 9 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮੂਲ ਅਨਾਜਾਂ (ਮਿਲੇਟਸ) ਦੀ ਵਰਤੋਂ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ “ਤੰਦਰੁਸਤ ਤੇ ਖੁਸ਼ਹਾਲ ਪੰਜਾਬ” ਦੀ ਸਿਰਜਣਾ ਲਈ ਲੋਕਾਂ ਨੂੰ ਮੋਟੇ ਅਨਾਜਾਂ ਦੀ ਵਰਤੋਂ ਵੱਲ ਵਧਾਉਣਾ ਸਮੇਂ ਦੀ ਲੋੜ ਹੈ। ਉਹ ਅੱਜ ਬਹਾਵਲਪੁਰ ਪੈਲੇਸ ਵਿਖੇ ਆਯੋਜਿਤ “ਈਟ ਰਾਈਟ ਮਿਲੇਟ ਮੇਲਾ-2026” ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਇਹ ਮੇਲਾ ਫੂਡ ਸੇਫਟੀ ਐਂਡ ਡਰੱਗ ਐਡਮਿਨਿਸਟਰੇਸ਼ਨ, ਪੰਜਾਬ (ਐਫ.ਡੀ.ਏ.) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਕਰਵਾਇਆ ਗਿਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਹਰ ਪੰਜਾਬੀ ਸਿਹਤਮੰਦ ਹੋਵੇਗਾ ਤਾਂ ਹੀ “ਰੰਗਲਾ ਪੰਜਾਬ” ਦਾ ਸੁਪਨਾ ਸਾਕਾਰ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਮਿਲੇਟਸ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬਾ ਪੱਧਰੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਕਰਵਾਇਆ ਗਿਆ ਇਹ ਮਿਲੇਟ ਮੇਲਾ ਇਸ ਦਿਸ਼ਾ ਵਿੱਚ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਾਫ-ਸੁਥਰਾ ਅਤੇ ਸ਼ੁੱਧ ਖਾਣਾ ਉਪਲਬਧ ਕਰਵਾਉਣ ਲਈ ਪੱਕੇ ਇਰਾਦੇ ਨਾਲ ਕੰਮ ਕੀਤਾ ਜਾ ਰਿਹਾ ਹੈ। ਖਾਣੇ ਵਿੱਚ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਫੂਡ ਸੇਫਟੀ ਅਧਿਕਾਰੀ ਹਰ ਰੋਜ਼ ਸਵੇਰੇ 9 ਤੋਂ 11 ਵਜੇ ਤੱਕ ਮੌਕੇ ‘ਤੇ ਮੌਜੂਦ ਰਹਿਣਗੇ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਵਿੱਚ ਮੋਬਾਈਲ ਲੈਬੋਰਟਰੀ ਵੀ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਖਾਣ-ਪੀਣ ਦੇ ਕਾਰੋਬਾਰ ਨਾਲ ਜੁੜੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਤਪਾਦਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਫਾਈ ਅਤੇ ਗੁਣਵੱਤਾ ਦੇ ਮਿਆਰਾਂ ਦੀ ਪਾਲਣਾ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਕਿਸਮ ਦੀ ਖਾਣੇ ਵਿੱਚ ਮਿਲਾਵਟ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ 9464494180 ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਿਕਾਇਤਕਰਤਾ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜੇਕਰ ਸੈਂਪਲ ਠੀਕ ਪਾਇਆ ਗਿਆ ਤਾਂ ਸੰਬੰਧਤ ਵਪਾਰੀ ਨੂੰ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।ਇਸ ਮੌਕੇ ਕਮਿਸ਼ਨਰ ਫੂਡ ਐਂਡ ਐਡਮਿਨਿਸਟ੍ਰੇਸ਼ਨ ਪੰਜਾਬ ਸ੍ਰੀਮਤੀ ਕੰਵਲਪ੍ਰੀਤ ਬਰਾੜ ਆਈ ਏ ਐਸ , ਐਸ ਡੀ ਐਮ ਗੁਰਦੇਵ ਸਿੰਘ ਧੰਮ, ਜੁਆਇੰਟ ਕਮਿਸ਼ਨਰ ਫੂਡ ਡਾ ਅਮਿਤ ਜੋਸ਼ੀ , ਲੈਬ ਇੰਚਾਰਜ ਸ੍ਰੀਮਤੀ ਰਵਨੀਤ ਕੌਰ, ਡੀ ਐੱਚ ਓ ਕਮ ਨੋਡਲ ਅਫ਼ਸਰ ਫੂਡ ਡਾ ਗੁਰਪ੍ਰੀਤ ਕੌਰ, ਫੂਡ ਸੇਫਟੀ ਅਫ਼ਸਰ ਸ੍ਰੀ ਗੌਰਵ ਕੁਮਾਰ, ਸ਼੍ਰੀ ਤਰੁਣ ਬਾਂਸਲ, ਸ੍ਰੀ ਲਵਪ੍ਰੀਤ ਸਿੰਘ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


