ਖੰਨਾ, 10 ਨਵੰਬਰ :
ਦੀਵਾਲੀ ਅਤੇ ਪਵਿੱਤਰ ਬੰਦੀ ਛੋੜ ਦਿਵਸ ਦੇ ਮੌਕੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਪਰਿਵਾਰ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕ ਕੇ ਗੁਰੂ ਸਾਹਿਬਾਨ ਅਤੇ ਦੇਵੀ-ਦੇਵਤਿਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਮੰਤਰੀ ਸੌਂਦ ਨੇ ਸੂਬੇ ਦੇ ਲੋਕਾਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।
ਮੰਤਰੀ ਸੌਂਦ ਨੇ ਕਿਹਾ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਨੂੰ ਹਨੇਰੇ ਤੋਂ ਚਾਨਣ ਵੱਲ ਵਧਣ, ਸੱਚਾਈ ਦੇ ਰਾਹ ‘ਤੇ ਚੱਲਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਮਹਾਨ ਧਾਰਮਿਕ ਅਤੇ ਇਤਿਹਾਸਕ ਪਰੰਪਰਾਵਾਂ ਦੀ ਪ੍ਰਤੀਕ ਹੈ। ਸਾਰੇ ਧਰਮ ਸਾਨੂੰ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਨਾਲ ਰਹਿਣ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕਿਆਂ ‘ਤੇ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋਣ ਨਾਲ ਮਨ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਣਾ ਪ੍ਰਾਪਤ ਹੁੰਦੀ ਹੈ। ਇਸ ਮੌਕੇ ਉਨ੍ਹਾਂ ਸਮੂਹ ਸੂਬਾ ਵਾਸੀਆਂ ਨੂੰ ਤਿਉਹਾਰਾਂ ਦੀਆਂ ਮੁਬਾਰਕਾਂ ਦਿੰਦਿਆਂ ਸਾਰਿਆਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।


