ਦੋਰਾਹਾ, ਪਾਇਲ, ਖੰਨਾ, (ਲੁਧਿਆਣਾ), 1 ਅਗਸਤ:

ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ 4.50 ਕਰੋੜ ਰੁਪਏ ਦੀ ਲਾਗਤ ਨਾਲ ਜੀ.ਟੀ. ਰੋਡ ਦੋਰਾਹਾ ਤੋਂ ਪਾਇਲ ਤੱਕ ਸੜਕ ਦੇ ਨਵੀਨੀਕਰਨ ਪ੍ਰੋਜੈਕਟ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਨਗਰ ਕੌਂਸਲ ਪਾਇਲ ਦੇ ਪ੍ਰਧਾਨ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਰਾਣੋਂ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ-ਸਰਪੰਚ, ਇਲਾਕਾ ਨਿਵਾਸੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਵਿਕਸਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਅਤੇ ਸੁਵਿਧਾਜਨਕ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਸੁਗਮ ਬਣਾਉਂਦੀਆਂ ਹਨ, ਸਗੋਂ ਵਪਾਰ, ਸਿੱਖਿਆ, ਸਿਹਤ ਅਤੇ ਖੇਤੀਬਾੜੀ ਦੇ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਦਿੰਦੀਆਂ ਹਨ।

ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਇਸ ਸੜਕ ਦੇ ਨਵੀਨੀਕਰਨ ਨਾਲ ਦੋਰਾਹਾ, ਪਾਇਲ ਅਤੇ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਅਤੇ ਬਿਹਤਰ ਆਵਾਜਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪਾਇਲ ਹਲਕੇ ਦੇ ਸਰਵਪੱਖੀ ਵਿਕਾਸ ਲਈ ਹੋਰ ਕਈ ਵਿਕਾਸ ਪ੍ਰੋਜੈਕਟ ਵੀ ਜਲਦ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਪਹੁੰਚੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਨਿਰਮਾਣ ਅਧੀਨ ਸਾਰੀਆਂ ਸੜਕਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰ ਪ੍ਰੋਜੈਕਟ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇਗਾ।

ਵਿਧਾਇਕ ਗਿਆਸਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਦੀ ਮੁੱਖ ਤਰਜੀਹ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਸ਼ਹਿਰੀ ਪੱਧਰ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਬੁਨਿਆਦੀ ਵਿਕਾਸ ਦੇ ਕੰਮਾਂ ਨੂੰ ਪੂਰੀ ਤਨਦੇਹੀ ਨਾਲ ਅੱਗੇ ਵਧਾ ਰਹੀ ਹੈ, ਤਾਂ ਜੋ ਸੂਬੇ ਦੇ ਹਰ ਵਰਗ ਨੂੰ ਵਿਕਾਸ ਦਾ ਬਰਾਬਰ ਲਾਭ ਮਿਲ ਸਕੇ।

ਇਸਦੇ ਨਾਲ ਹੀ ਨਗਰ ਕੌਂਸਲ ਪਾਇਲ ਦੇ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਰਾਣੋਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਸੀ ਕਿ ਇਸ ਸੜਕ ਦਾ ਨਵੀਨੀਕਰਨ ਹੋਵੇ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਮੰਗ ਨੂੰ ਪੂਰਾ ਕੀਤਾ। ਹਜ਼ਾਰਾਂ ਲੋਕ ਰੋਜ਼ਾਨਾ ਇਸ ਸੜਕ ਰਾਹੀਂ ਆਉਂਦੇ ਜਾਂਦੇ ਹਨ। ਪਾਇਲ ਤੋਂ ਦੋਰਾਹਾ ਸ਼ਹਿਰ ਜਾਂ ਜੀਟੀ ਰੋਡ ਤੱਕ ਜਾਣ ਵਾਲੀ ਇਹ ਮੁੱਖ ਸੜਕ ਹੈ, ਜਿਸਦੇ ਨਵੀਨੀਕਰਨ ਨਾਲ ਲੋਕ ਬਹੁਤ ਖੁਸ਼ ਹਨ। ਇਸਦੇ ਲਈ ਸਮੂਹ ਇਲਾਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁੁਰਾ ਦਾ ਧੰਨਵਾਦੀ ਹੈ।

Share.
Leave A Reply