ਜਗਰਾਉਂ, ਲੁਧਿਆਣਾ, 31 ਅਗਸਤ:
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਜਗਰਾਉਂ ਸ਼ਹਿਰ ਦੇ ਵਾਰਡ ਨੰਬਰ 1 ਅਤੇ 11 ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਹਲਕਾ ਜਗਰਾਉਂ ਤੋਂ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਵਿਧਾਇਕਾ ਨੇ ਖੁਦ ਸਫ਼ਾਈ ਕਾਰਜਾਂ ਵਿੱਚ ਸ਼ਮੂਲੀਅਤ ਕਰਦਿਆਂ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਵਿਧਾਇਕਾ ਮਾਣੂੰਕੇ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਫ਼ਾਈ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਦੀਆਂ ਗਲੀਆਂ, ਸੜਕਾਂ, ਅੰਦਰੂਨੀ ਇਲਾਕਿਆਂ ਅਤੇ ਜਨਤਕ ਸਥਾਨਾਂ ਨੂੰ ਕੂੜੇ ਦੇ ਢੇਰਾਂ ਤੋਂ ਮੁਕਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਸਫ਼ਾਈ ਮੁਹਿੰਮ 7 ਸਤੰਬਰ ਤੱਕ ਲਗਾਤਾਰ ਜਾਰੀ ਰਹੇਗੀ, ਜਿਸ ਦੌਰਾਨ ਆਰਜ਼ੀ ਕੂੜਾ ਡੰਪਾਂ ਨੂੰ ਖ਼ਤਮ ਕਰਨ ਦੇ ਨਾਲ-ਨਾਲ ਸ਼ਹਿਰ ਦੇ ਹਰ ਹਿੱਸੇ ਵਿੱਚ ਸਫ਼ਾਈ ਯਕੀਨੀ ਬਣਾਈ ਜਾਵੇਗੀ। ਮੁਹਿੰਮ ਨੂੰ ਹੋਰ ਨਤੀਜਾਮੁਖੀ ਬਣਾਉਣ ਲਈ ਵੱਖ-ਵੱਖ ਵਾਰਡਾਂ ਦੀ ਜ਼ਿੰਮੇਵਾਰੀ ਆਗੂਆਂ ਅਤੇ ਕੌਂਸਲਰਾਂ ਨੂੰ ਸੌਂਪੀ ਗਈ ਹੈ।
ਵਿਧਾਇਕਾ ਮਾਣੂੰਕੇ ਨੇ ਜਗਰਾਉਂ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਰੱਖਣਾ ਸਿਰਫ਼ ਪ੍ਰਸ਼ਾਸਨ ਜਾਂ ਨਗਰ ਕੌਂਸਲ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ’ਤੇ ਗੰਦਗੀ ਨਾ ਫੈਲਾਉਣ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਦੇ ਧਿਆਨ ਵਿੱਚ ਕੂੜੇ ਦਾ ਢੇਰ ਜਾਂ ਗੰਦਗੀ ਵਾਲੀ ਥਾਂ ਆਉਂਦੀ ਹੈ ਤਾਂ ਉਹ ਨਗਰ ਕੌਂਸਲ ਦੇ ਪ੍ਰਧਾਨ, ਈ.ਓ. ਜਾਂ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮਕਸਦ ਸਿਰਫ਼ ਕੂੜਾ ਚੁੱਕਣਾ ਨਹੀਂ, ਬਲਕਿ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਕੇ ਜਗਰਾਉਂ ਨੂੰ ਸਾਫ਼, ਸੁੰਦਰ ਅਤੇ ਸੁਚੱਜਾ ਸ਼ਹਿਰ ਬਣਾਉਣਾ ਵੀ ਹੈ।
ਵਿਧਾਇਕਾ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ, ਨਗਰ ਕੌਂਸਲ ਅਤੇ ਸਬੰਧਤ ਸਫ਼ਾਈ ਟੀਮਾਂ ਵੱਲੋਂ 7 ਸਤੰਬਰ ਤੱਕ ਮੁਹਿੰਮ ਦੀ ਲਗਾਤਾਰ ਨਿਗਰਾਨੀ ਕਰਦਿਆਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।


