ਲੁਧਿਆਣਾ, 17 ਜੁਲਾਈ:

 

ਪੰਜਾਬ ਸਰਕਾਰ ਦੇ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਗੈਰ-ਨਿਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ 22 ਜੁਲਾਈ ਨੂੰ ਲੁਧਿਆਣਾ ਵਿਖੇ “ਐਨ.ਆਰ.ਆਈ. ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸਵੇਰੇ 11 ਵਜੇ ਸੋਹਣ ਲਾਲ ਪਾਹਵਾ ਆਡੀਟੋਰੀਅਮ, ਗੁਰੂ ਨਾਨਕ ਭਵਨ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਹੋਵੇਗਾ।

 

ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਲੁਧਿਆਣਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈ. ਭਾਗ ਲੈਣਗੇ। ਸਮਾਗਮ ਦੌਰਾਨ ਐਨ.ਆਰ.ਆਈ. ਮਾਮਲੇ ਵਿਭਾਗ, ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ, ਜੋ ਭਾਗੀਦਾਰਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਜਲਦੀ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣਗੇ।

 

ਆਗਾਮੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਅਮਨਦੀਪ ਕੌਰ ਨੇ ਕਿਹਾ ਕਿ ਐਨ.ਆਰ.ਆਈ. ਮਾਮਲੇ ਵਿਭਾਗ ਗੈਰ-ਨਿਵਾਸੀ ਪੰਜਾਬੀਆਂ ਨੂੰ ਦਰਪੇਸ਼ ਮੁੱਦਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਮਿਲਣੀਆਂ ਦਾ ਮੁੱਖ ਉਦੇਸ਼ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਇੱਕ ਅਜਿਹਾ ਸਾਂਝਾ ਮੰਚ ਪ੍ਰਦਾਨ ਕਰਨਾ ਹੈ, ਜਿੱਥੇ ਉਹ ਆਪਣੀਆਂ ਸ਼ਿਕਾਇਤਾਂ ਸਿੱਧੇ ਤੌਰ ‘ਤੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਣ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

 

ਵਿਸ਼ੇਸ਼ ਸਕੱਤਰ ਨੇ ਲੁਧਿਆਣਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ, ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਅਤੇ ਆਪਣੀਆਂ ਸਮੱਸਿਆਵਾਂ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ।

 

ਉਨ੍ਹਾਂ ਨੇ ਸੁਚਾਰੂ ਪ੍ਰਬੰਧਾਂ ਅਤੇ ਅਗਾਊਂ ਯੋਜਨਾਬੰਦੀ ਨੂੰ ਯਕੀਨੀ ਬਣਾਉਣ ਲਈ ਇੱਛੁਕ ਭਾਗੀਦਾਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਫਾਰਮ ਰਾਹੀਂ ਆਪਣੀ ਰਜਿਸਟ੍ਰੇਸ਼ਨ https://forms.gle/PZjpvKuEA2iPRU6D9 ਲਿੰਕ ਰਾਹੀਂ ਕਰਵਾਉਣ ਦੀ ਅਪੀਲ ਵੀ ਕੀਤੀ।

 

ਰਜਿਸਟ੍ਰੇਸ਼ਨ ਦੌਰਾਨ ਭਾਗੀਦਾਰਾਂ ਨੂੰ ਆਪਣਾ ਪੂਰਾ ਨਾਮ, ਪਤਾ, ਸੰਪਰਕ ਨੰਬਰ, ਈ-ਮੇਲ ਆਈ.ਡੀ. ਅਤੇ ਆਪਣੇ ਜ਼ਿਲ੍ਹੇ ਨਾਲ ਸਬੰਧਤ ਕਿਸੇ ਵੀ ਪਹਿਲਾਂ ਦਰਜ ਸ਼ਿਕਾਇਤ ਜਾਂ ਸਮੱਸਿਆ ਦਾ ਵੇਰਵਾ ਸਹੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਵਿਸ਼ੇਸ਼ ਸਕੱਤਰ ਨੇ ਕਿਹਾ ਕਿ ਇਹ ਜਾਣਕਾਰੀ ਸਮਾਗਮ ਦੌਰਾਨ ਉਠਾਏ ਜਾਣ ਵਾਲੇ ਮਾਮਲਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਨਿਪਟਾਰੇ ਵਿੱਚ ਵਿਭਾਗ ਦੀ ਸਹਾਇਤਾ ਕਰੇਗੀ।

Share.

“I’m a Newswriter, “I write about the trending news events happening all over the world.

Leave A Reply