ਚੰਡੀਗੜ੍ਹ, 13 ਅਪ੍ਰੈਲ:ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇੱਕ ਸਖ਼ਤ ਸੋਧ ਬਿੱਲ ਪੇਸ਼ ਕੀਤਾ ਗਿਆ ਜਿਸ ਵਿੱਚ ‘ਬੇਅਦਬੀ’ ਦੇ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਦਾ ਨਿਯਮ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਿਲ ਨੂੰ ਨਿਆਂ ਦੀ ਦਿਸ਼ਾ ਵੱਲ ਇੱਕ ਇਤਿਹਾਸਕ ਅਤੇ ਅਹਿਮ ਕਦਮ ਕਰਾਰ ਦਿੱਤਾ ਹੈ।ਅੱਜ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਇਹ ਕਦਮ ਸੂਬਾ ਸਰਕਾਰ ਦੀ ਪਿਛਲੀਆਂ ਸਰਕਾਰਾਂ ਨਾਲੋਂ ਵੱਖਰੀ ਸੋਚ ਨੂੰ ਦਰਸਾਉਂਦਾ ਹੈ, ਜਿਸ ਤਹਿਤ ਸਰਕਾਰ ਨੇ ਸਖ਼ਤ, ਸਮਾਂਬੱਧ ਕਾਰਵਾਈ ਕਰਨ ਅਤੇ ‘ਬੇਅਦਬੀ’ ਦੇ ਮਾਮਲਿਆਂ ਵਿੱਚ ਸਮਝੌਤੇ ਦੀ ਕਿਸੇ ਵੀ ਗੁੰਜਾਇਸ਼ ਨੂੰ ਖਤਮ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।ਪੰਜਾਬ ਵਿਧਾਨ ਸਭਾ ਵਿੱਚ ਇਸ ਇਤਿਹਾਸਕ ਬਿੱਲ ‘ਤੇ ਚਰਚਾ ਸ਼ੁਰੂ ਕਰਦਿਆਂ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਾਣ ਮਹਿਸੂਸ ਕਰਦਿਆਂ ਕਿਹਾ, “ਮੈਂ ਅੱਜ ਸਿਰਫ਼ ਇੱਕ ਵਿਧਾਇਕ ਨਹੀਂ ਹਾਂ। ਮੈਂ ਉਸ ਧਰਤੀ ਦੀ ਆਵਾਜ਼ ਹਾਂ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 327 ਸਾਲ ਪਹਿਲਾਂ 13 ਅਪ੍ਰੈਲ ਨੂੰ ਸਾਰੇ ਸੰਸਾਰ ਨੂੰ ਖਾਲਸੇ ਦਾ ਤੋਹਫ਼ਾ ਦਿੱਤਾ ਸੀ।”ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਤੁਲਨਾ ਪਿਛਲੀਆਂ ਸਰਕਾਰਾਂ ਨਾਲ ਕਰਦਿਆਂ ਉਨ੍ਹਾਂ ਕਿਹਾ, “ਅਖੌਤੀ ‘ਪੰਥਕ’ ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਕਾਨੂੰਨ ਬਣਾਉਣ ਵਿੱਚ ਅਸਫਲ ਰਹੀਆਂ, ਸਗੋਂ ਇਹਨਾਂ ਵਿੱਚੋਂ ਕੁਝ ਆਗੂ ਤਾਂ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀ ਵੀ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਜ਼ੁਰਮ ਕਬੂਲਿਆ ਸੀ। ਅਸੀਂ ਨਿਮਰ ਪਿਛੋਕੜ ਵਾਲੇ ਹਾਂ ਅਤੇ ਇੱਥੇ ਪਹੁੰਚਣ ਦੀ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਅੱਜ ਇਸ ਸਰਕਾਰ ਰਾਹੀਂ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖੁਦ ਸਾਡੇ ਕੋਲੋਂ ਇਹ ਸੇਵਾ ਕਰਵਾ ਰਹੇ ਹਨ।”ਮੰਤਰੀ ਨੇ ਬਿੱਲ ਦੀ ਸ਼ਲਾਘਾ ਕਰਦਿਆਂ ਇਸ ਨੂੰ ਇੱਕ ਵਿਆਪਕ ਅਤੇ ਦੂਰਦਰਸ਼ੀ ਕਾਨੂੰਨ ਦੱਸਿਆ। ਉਨ੍ਹਾਂ ਨੇ ਇਸ ਬਿਲ ਦੇ ਮੁੱਖ ਉਪਬੰਧਾਂ ਦੀ ਰੂਪਰੇਖਾ ਦਿੱਤੀ ਜਿਸ ਤਹਿਤ ਸਿਰਫ਼ ਡੀਐਸਪੀ-ਰੈਂਕ ਜਾਂ ਇਸ ਤੋਂ ਉੱਪਰ ਦੇ ਅਧਿਕਾਰੀ ਹੀ ‘ਬੇਅਦਬੀ’ ਮਾਮਲਿਆਂ ਦੀ ਜਾਂਚ ਕਰ ਸਕਦੇ ਹਨ ਅਤੇ ਜਾਂਚ ਤੇ ਮੁਕੱਦਮੇ ਲਈ ਸਖ਼ਤ ਸਮਾਂ-ਸੀਮਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਸ ਘੋਰ ਅਪਰਾਧ ਲਈ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਅਦਾਲਤ ਤੋਂ ਬਾਹਰ ਸਮਝੌਤੇ ‘ਤੇ ਪਾਬੰਦੀ ਹੋਵੇਗੀ ਅਤੇ ਵਾਰੰਟ ਤੋਂ ਬਿਨਾਂ ਗ੍ਰਿਫਤਾਰੀਆਂ ਦੀ ਆਗਿਆ ਹੋਵੇਗੀ। ਦੋਸ਼ੀ ਠਹਿਰਾਏ ਜਾਣ ‘ਤੇ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋਵੇਗਾ ਅਤੇ ਜਿਸ ਮਾਮਲੇ ਵਿੱਚ ਸ਼ਾਮਲ ਜਾਂ ਇਸ ਨੂੰ ਉਕਸਾਉਣ ਵਾਲਿਆਂ ਲਈ ਵੀ ਬਰਾਬਰ ਸਜ਼ਾ ਹੋਵੇਗੀ।ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਕਾਨੂੰਨ ਸਿਰਫ ਸਿੱਖ ਭਾਈਚਾਰੇ ਤੱਕ ਹੀ ਸੀਮਿਤ ਨਹੀਂ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਿੰਦੂਆਂ, ਮੁਸਲਮਾਨਾਂ ਅਤੇ ਉਨ੍ਹਾਂ ਸਾਰਿਆਂ ਲਈ ਇੱਕ ਸਤਿਕਾਰਤ ਗ੍ਰੰਥ ਹੈ ਜੋ ਵਿਸ਼ਵ ਪੱਧਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਦੇਸ਼ ਨੂੰ ਮੰਨਦੇ ਹਨ ਅਤੇ ਇਹ ਸਾਰੇ ਧਰਮਾਂ ਦੇ ਲੋਕਾਂ ਦੇ ਮਨਾਂ ਵਿੱਚ ਸ਼ਾਂਤੀ ਪ੍ਰਦਾਨ ਕਰਦੇ ਹਨ।”ਆਪਣੇ ਹਲਕੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਚੱਕ-ਨਾਨਕੀ (ਹੁਣ ਸ੍ਰੀ ਅਨੰਦਪੁਰ ਸਾਹਿਬ) ਸ਼ਹਿਰ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਅੱਗੇ ਕਿਹਾ “ਮੈਂ ਸੁਭਾਗਾ ਮਹਿਸੂਸ ਕਰਦਾ ਹਾਂ ਕਿ ਮੈਨੂੰ ਇਸ ਪਵਿੱਤਰ ਧਰਤੀ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਇਸ ਧਰਤੀ ‘ਤੇ ਵਿਸ਼ੇਸ਼ ਸ਼ੈਸ਼ਨ ਕਰਵਾਇਆ।”ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਸਾਡੇ ਸਿਰਾਂ ‘ਤੇ ਹਮੇਸ਼ਾਂ ਹੱਥ ਰੱਖਣ ਅਤੇ ਇਸ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰਵਾਉਣ ਲਈ ਸੇਧ ਦੇਣ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


