ਖੰਨਾ, ਲੁਧਿਆਣਾ, 1 ਅਗਸਤ:

ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਹਲਕਾ ਖੰਨਾ ਦੇ ਪਿੰਡ ਤੁਰਮਰੀ, ਬੀਬੀਪੁਰ, ਫਤਿਹਪੁਰ ਅਤੇ ਜਲਾਜਣ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤੇ। ਉਹਨਾਂ ਇਲਾਕਾ ਨਿਵਾਸੀਆਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਦੇ ਹਰ ਪਿੰਡ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਵਚਨਬੱਧ ਹਾਂ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਖੰਨਾ ਹਲਕੇ ਦੇ ਚਾਰ ਪਿੰਡਾਂ ਲਈ ਕੁੱਲ 25 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਤਹਿਤ ਪਿੰਡ ਤੁਰਮਰੀ ਵਿੱਚ ਸੀਵਰੇਜ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ, ਪਿੰਡ ਬੀਬੀਪੁਰ ਵਿੱਚ ਸੜਕਾਂ ਦੇ ਬਰਮਾਂ ਲਈ 5 ਲੱਖ ਰੁਪਏ, ਪਿੰਡ ਫਤਿਹਪੁਰ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਅਤੇ ਪਿੰਡ ਜਲਾਜਣ ਦੇ ਬੱਸ ਸਟੈਂਡ ਦੇ ਨਿਰਮਾਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਅਤੇ ਸਵੈ-ਨਿਰਭਰ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਖੇਡਾਂ ਨਾਲ ਜੋੜ ਕੇ ਸੂਬੇ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਦੀ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਸਟੇਡੀਅਮਾਂ ਅਤੇ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਹੋਰ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸਮੁਖੀ ਪਹਿਲਕਦਮੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਵਿਧਾਨ ਸਭਾ ਹਲਕਾ ਖੰਨਾ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਸੌਂਦ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ, ਸ਼ਹਿਰ ਅਤੇ ਕਸਬੇ ਵਿੱਚ ਵਿਕਾਸ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ ਜਿੰਨਾ ਵਿਕਾਸ ਹੋਇਆ ਹੈ, ਉਹ ਰਿਵਾਇਤੀ ਪਾਰਟੀਆਂ ਆਪਣੇ 70 ਸਾਲਾਂ ਦੇ ਕਾਰਜਕਾਲ ਦੌਰਾਨ ਵੀ ਨਹੀਂ ਕਰਵਾ ਸਕੀਆਂ।

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ, ਸਤਿਕਾਰ ਅਤੇ ਸਹਿਯੋਗ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰਕੇ ਸੂਬੇ ਦੀ ਸੇਵਾ ਵਿੱਚ ਲਗਾਤਾਰ ਜੁਟੀ ਰਹੇਗੀ।

Share.
Leave A Reply